ਧੰਨ ਧੰਨ ਸ਼੍ਰੀ ਗੁਰੂ ਤੇਗ ਬਹਾਦਰ ਜੀ


ਸ਼੍ਰੀ ਗੁਰੂ ਤੇਗ ਬਹਾਦਰ ਜੀ ਸਿੱਖਾਂ ਦੇ ਨੌਵੇਂ ਗੁਰੂ ਸਨ। ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ‘ਹਿੰਦ ਦੀ ਚਾਦਰ’ ਕਹਿ ਕੇ ਯਾਦ ਕੀਤਾ ਜਾਂਦਾ ਹੈ। ਗੁਰੂ ਜੀ ਨੇ ਹਿੰਦੂ ਧਰਮ ਦੀ ਰਾਖੀ ਲਈ ਆਪਣਾ ਸੀਸ ਦਿੱਤਾ ਸੀ। ਕਿਸੇ ਵੀ ਕੌਮ ਦੇ ਇਤਿਹਾਸ ਵਿੱਚ ਇਹ ਗੱਲ ਪਹਿਲੀ ਵਾਰ ਵਾਪਰੀ ਸੀ ਕਿ ਕਤਲ ਹੋਣ ਵਾਲਾ ਮਖਤੂਲ ਖੁਦ ਚੱਲ ਕੇ ਕਾਤਲ ਕੋਲ ਗਿਆ ਹੋਵੇ। ਉਹ ਵੀ ਕਿਸੇ ਦੂਜੇ ਧਰਮ ਨੂੰ ਵਧਦਾ-ਫੁਲਦਾ ਰੱਖਣ ਦੇ ਲਈ।


ਸ਼ੁਰੂਆਤੀ ਜੀਵਨ


ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਜਨਮ 1 ਅਪ੍ਰੈਲ 1621 ਦਿਨ ਐਤਵਾਰ ਨੂੰ ਮਾਤਾ ਨਾਨਕੀ ਜੀ ਦੀ ਕੁਖੋਂ ਅੰਮ੍ਰਿਤਸਰ ਵਿਖੇ ਹੋਇਆ। ਆਪ ਜੀ ਛੇਵੇਂ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪੰਜਵੇਂ ਅਤੇ ਸੱਭ ਤੋਂ ਛੋਟੇ ਸਪੁੱਤਰ ਸਨ। ਆਪ ਜੀ ਨੇ 9 ਸਾਲ ਦੇ ਕਰੀਬ ਸਮਾਂ ਅੰਮ੍ਰਿਤਸਰ ਵਿਖੇ ਗੁਜ਼ਾਰਿਆ ਅਤੇ ਫਿਰ ਕਰਤਾਰਪੁਰ ਜਿਲ੍ਹਾ ਜਲੰਧਰ ਵਿਖੇ ਚਲੇ ਗਏ। ਗੁਰੂ ਜੀ ਦੇ ਭੈਣ ਭਰਾਵਾਂ ਦੇ ਨਾਮ ਬਾਬਾ ਗੁਰਦਿੱਤਾ ਜੀ, ਬਾਬਾ ਸੂਰਜ ਮੱਲ, ਬਾਬਾ ਅਟੱਲ ਰਾਏ ਅਤੇ ਬੀਬੀ ਵੀਰੋ ਸਨ।

ਜਦੋਂ ਆਪ ਜੀ ਦੀ ਉਮਰ ਕੇਵਲ 5 ਸਾਲ ਦੀ ਹੀ ਸੀ, ਉਸ ਵੇਲੇ ਆਪ ਜੀ ਸਮਾਧੀ ਲਾ ਕੇ ਬੈਠ ਜਾਂਦੇ। ਮਾਤਾ ਨਾਨਕੀ ਜੀ ਨੂੰ ਇਸ ਗੱਲ ਦੀ ਚਿੰਤਾ ਹੋਣੀ ਸੁਭਾਵਿਕ ਸੀ ਕਿ ਉਨ੍ਹਾਂ ਦਾ ਪੁੱਤਰ ਇਸ ਤਰ੍ਹਾਂ ਇਕੱਲਾ-ਇਕੱਲਾ ਕਿਉਂ ਰਹਿੰਦਾ ਹੈ ਤੇ ਜ਼ਿਆਦਾ ਇਕਾਂਤ ਕਿਉਂ ਭਾਲਦਾ ਹੈ।

ਉਨ੍ਹਾਂ ਆਪਣੀ ਇਹ ਸ਼ੰਕਾ ਗੁਰੂ ਹਰਿਗੋਬਿੰਦ ਸਾਹਿਬ ਜੀ ਅੱਗੇ ਪੇਸ਼ ਕੀਤੀ ਤਾਂ ਗੁਰੂ ਜੀ ਨੇ ਕਿਹਾ ਕਿ ਇਹ ਬਹੁਤ ਸ਼ਕਤੀਸ਼ਾਲੀ ਅਤੇ ਸੂਰਮਾ ਬਣੇਗਾ ਅਤੇ ਵੱਡੇ ਸਾਕੇ ਲਈ ਇਹ ਆਪਣੇ ਆਪ ਨੂੰ ਤਿਆਰ ਕਰ ਰਹੇ ਹਨ।

ਗੁਰੂ ਤੇਗ ਬਹਾਦਰ ਜੀ ਦਾ ਵਿਆਹ ਜਲੰਧਰ ਨੇੜੇ ਪੈਂਦੇ ਨਗਰ ਕਰਤਾਰਪੁਰ ਸਾਹਿਬ ਦੇ ਵਸਨੀਕ ਲਾਲ ਚੰਦ ਦੀ ਪੁੱਤਰੀ ਗੁਜਰੀ ਨਾਲ ਹੋਇਆ। ਜਦੋਂ ਗੁਰੂ ਹਰਿਗੋਬਿੰਦ ਸਾਹਿਬ ਜੋਤੀ ਜੋਤਿ ਸਮਾ ਗਏ ਸਨ ਤਾਂ ਗੁਰੂ ਤੇਗ ਬਹਾਦਰ ਜੀ ਮਾਤਾ ਨਾਨਕੀ ਜੀ ਅਤੇ ਆਪਣੀ ਪਤਨੀ ਮਾਤਾ ਗੁਜਰੀ ਜੀ ਨੂੰ ਨਾਲ ਲੈ ਕੇ ਬਾਬਾ ਬਕਾਲਾ ਵਿਖੇ ਰਹਿਣ ਚਲੇ ਗਏ।

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਤੋਂ ਬਾਅਦ ਗੁਰਗੱਦੀ ਗੁਰੂ ਹਰਿਰਾਏ ਜੀ ਨੂੰ ਮਿਲੀ, ਜੋ ਕਿ ਗੁਰੂ ਹਰਿਗੋਬਿੰਦ ਸਾਹਿਬ ਦੇ ਪੋਤਰੇ ਅਤੇ ਗੁਰੂ ਤੇਗ ਬਹਾਦਰ ਜੀ ਦੇ ਭਤੀਜੇ ਲੱਗਦੇ ਸਨ। ਗੁਰੂ ਹਰਿਰਾਏ ਜੀ ਤੋਂ ਬਾਅਦ ਗੁਰੂ ਹਰਿਕ੍ਰਿਸ਼ਨ ਸਾਹਿਬ ਗੁਰਗੱਦੀ ‘ਤੇ ਬੈਠੇ ਜੋ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪੋਤਰੇ ਲੱਗਦੇ ਸਨ।

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਨੇ ਦਿੱਲੀ ਵਿਖੇ ਜੋਤੀ ਜੋਤਿ ਸਮਾਉਣ ਮੌਕੇ ਗੱਦੀ ਦੇ ਅਗਲੇ ਵਾਰਿਸ ਵਜੋਂ ਬਾਬਾ ਬਕਾਲੇ ਦਾ ਸੰਕੇਤ ਦਿੱਤਾ ਸੀ, ਜਿਸ ਕਰ ਕੇ ਭਾਈ ਮੱਖਣ ਸ਼ਾਹ ਲੁਬਾਣਾ ਨੇ ਗੁਰੂ ਜੀ ਨੂੰ ਪ੍ਰਗਟ ਕੀਤਾ। ਇਸ ਤਰ੍ਹਾਂ ਸ੍ਰੀ ਗਰੁੂ ਤੇਗ ਬਹਾਦਰ ਜੀ ਸਿੱਖਾਂ ਦੇ ਨੌਵੇਂ ਗੁਰੂ ਬਣੇ।


ਕਸ਼ਮੀਰੀ ਪੰਡਿਤਾਂ ਦੀ ਫ਼ਰਿਆਦ


ਔਰੰਗਜ਼ੇਬ ਦੇ ਜ਼ੁਲਮ ਦਾ ਸ਼ਿਕਾਰ ਬਣੇ ਕਸ਼ਮੀਰੀ ਪੰਡਿਤਾਂ ਦੀ ਫ਼ਰਿਆਦ ਕਿਸੇ ਪਾਸੇ ਨਾ ਸੁਣੀ ਗਈ ਤਾਂ ਉਨ੍ਹਾਂ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਰਨ ਲੈਣ ਦਾ ਨਿਸ਼ਚੈ ਕੀਤਾ। 25 ਮਈ, 1675 ਦੇ ਦਿਨ 16 ਕਸ਼ਮੀਰੀ ਬ੍ਰਾਹਮਣਾਂ ਦਾ ਇਕ ਜੱਥਾ ਵੀ ਚੱਕ ਨਾਨਕੀ ਆਇਆ। ਉਹ ਇਕ ਮੋਹਤਬਰ ਸਿੱਖ ਆਗੂ ਭਾਈ ਕਿਰਪਾ ਰਾਮ ਦੱਤ ਨੂੰ ਵੀ ਅਪਣੇ ਨਾਲ ਲੈ ਕੇ ਆਏ ਸਨ।

ਭਾਈ ਕਿਰਪਾ ਰਾਮ, ਕਸ਼ਮੀਰ ਵਿਚ ਸਿੱਖ ਧਰਮ ਦੇ ਸੱਭ ਤੋਂ ਵੱਡੇ ਪ੍ਰਚਾਰਕਾਂ ਵਿਚੋਂ ਇਕ ਸਨ। ਕਸ਼ਮੀਰੀ ਬ੍ਰਾਹਮਣ ਇਸ ਸਿੱਖ ਆਗੂ ਦੀ ਬਾਂਹ ਫੜ ਕੇ ਚੱਕ ਨਾਨਕੀ ਆਏ ਅਤੇ ਤਖ਼ਤ ਦਮਦਮਾ ਸਾਹਿਬ ਤੇ ਗੁਰੂ ਸਾਹਿਬ ਦੇ ਦਰਬਾਰ ਵਿਚ ਆ ਫ਼ਰਿਆਦੀ ਹੋਏ।

ਕਸ਼ਮੀਰੀ ਬ੍ਰਾਹਮਣਾਂ ਨੇ ਗੁਰੂ ਸਾਹਿਬ ਨੂੰ ਦਸਿਆ ਕਿ ਅਸੀ ਕੇਦਾਰ ਨਾਥ, ਬਦਰੀ ਨਾਥ, ਪੁਰੀ, ਦੁਆਰਕਾ, ਕਾਂਚੀ, ਮਥਰਾ ਤੇ ਹੋਰ ਸਾਰੇ ਹਿੰਦੂ ਕੇਂਦਰਾਂ ਤੋਂ ਹੋ ਆਏ ਹਾਂ ਪਰ ਕਿਸੇ ਨੇ ਵੀ ਸਾਡੀ ਬਾਂਹ ਨਹੀਂ ਫੜੀ। ਅਸੀ, ਕਸ਼ਮੀਰ ਦੇ ਨਵੇਂ ਮੁਸਲਮਾਨ ਗਵਰਨਰ ਇਫ਼ਤਿਖ਼ਾਰ ਖ਼ਾਨ ਦੇ ਜ਼ੁਲਮ ਤੋਂ ਤੰਗ ਆ ਚੁੱਕੇ ਹਾਂ।

ਉਹ ਹਰ ਰੋਜ਼ ਸੈਂਕੜੇ ਬ੍ਰਾਹਮਣਾਂ ਨੂੰ ਜਬਰੀ ਮੁਸਲਮਾਨ ਬਣਾ ਰਿਹਾ ਹੈ। ਅਸੀ ਔਰੰਗਜ਼ੇਬ ਦੇ ਹਿੰਦੂ-ਰਾਜਪੂਤ ਵਜ਼ੀਰਾਂ ਤਕ ਵੀ ਪਹੁੰਚ ਕੀਤੀ ਹੈ। ਉਨ੍ਹਾਂ ਨੇ ਵੀ ਅਪਣੀ ਬੇਬਸੀ ਜ਼ਾਹਰ ਕੀਤੀ ਹੈ। ਸਾਨੂੰ ਕੋਈ ਵੀ ਬਹੁੜੀ ਨਹੀਂ ਹੋਇਆ। ਹੁਣ ਸਾਡੀ ਆਖ਼ਰੀ ਆਸ ਸਿਰਫ਼ ਗੁਰੂ ਨਾਨਕ ਸਾਹਿਬ ਦਾ ਦਰ ਹੀ ਹੈ।

ਗੁਰੂ ਤੇਗ਼ ਬਹਾਦਰ ਸਾਹਿਬ ਨੇ ਬ੍ਰਾਹਮਣਾਂ ਦੀ ਨਿੰਮੋਝੂਣਤਾ ਵੇਖ ਕੇ ਉਨ੍ਹਾਂ ਨੂੰ ਕਿਹਾ ਕਿ,
“ਗੁਰੂ ਨਾਨਕ ਸਾਹਿਬ ਦੇ ਦਰ ਤੋਂ ਕਦੇ ਵੀ ਕੋਈ ਖ਼ਾਲੀ ਨਹੀਂ ਜਾਂਦਾ। ਵਾਹਿਗੁਰੂ ਤੁਹਾਡੀ ਮਦਦ ਕਰਨਗੇ। ਜਾਉ, ਸੂਬੇਦਾਰ ਨੂੰ ਆਖ ਦਿਉ ਕਿ ਜੇ ਉਹ ਗੁਰੂ ਤੇਗ਼ ਬਹਾਦਰ ਨੂੰ ਮੁਸਲਮਾਨ ਬਣਾ ਲਵੇ ਤਾਂ ਸਾਰੇ ਕਸ਼ਮੀਰੀ ਬ੍ਰਾਹਮਣ ਮੁਸਲਮਾਨ ਬਣ ਜਾਣਗੇ।”
ਗੁਰੂ ਸਾਹਿਬ ਦੀ ਗੱਲ ਸੁਣ ਕੇ ਬ੍ਰਾਹਮਣਾਂ ਦੀ ਜਾਨ ਵਿਚ ਜਾਨ ਆਈ। ਉਨ੍ਹਾਂ ਦੀ ਦਰਦ ਕਹਾਣੀ ਸੁਣ ਕੇ ਗੁਰੂ ਜੀ ਨੇ
“ਜੋ ਸਰਣਿ ਆਵੈ ਤਿਸੁ ਕੰਠਿ ਲਾਵੈ”
ਮਹਾਂਵਾਕ ਅਨੁਸਾਰ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਬਾਬੇ ਨਾਨਕ ਦੇ ਦਰ ਤੋਂ ਮਾਯੂਸ ਨਹੀਂ ਪਰਤਣਗੇ। ਇਸ ਤੋਂ ਬਾਅਦ ਗੁਰੂ ਜੀ ਕਿਸੇ ਡੂੰਘੀ ਸੋਚ ਵਿੱਚ ਡੁੱਬ ਗਏ ਅਤੇ ਕੁਝ ਸਮੇਂ ਬਾਅਦ ਫ਼ੁਰਮਾਉਣ ਲੱਗੇ ਕਿ ਅਜੇ ਧਰਮ ਯੁੱਧ ਦਾ ਸਮਾਂ ਨਹੀਂ ਆਇਆ। ਇਸ ਸਮੇਂ ਕਿਸੇ ਮਹਾਨ ਆਤਮਾ ਦੀ ਸ਼ਹੀਦੀ ਦੀ ਲੋੜ ਹੈ। ਸਿਰਫ਼ ਕੁਰਬਾਨੀ ਨਾਲ ਹੀ ਡੁੱਬਦੇ ਧਰਮ ਨੂੰ ਬਚਾਇਆ ਜਾ ਸਕਦਾ ਹੈ।

ਆਪ ਜੀ ਦੇ ਬਚਨ ਸੁਣ ਕੇ ਪੂਰੇ ਦਰਬਾਰ ਵਿੱਚ ਸੱਨਾਟਾ ਛਾ ਗਿਆ। ਆਪ ਜੀ ਦੇ ਸਪੁੱਤਰ ਬਾਲ ਗੋਬਿੰਦ ਰਾਇ ਜੀ ਨੇ ਆਪ ਜੀ ਤੋਂ ਇਸ ਖ਼ਾਮੋਸ਼ੀ ਦਾ ਕਾਰਨ ਪੁੱਛਿਆ ਤਾਂ ਗੁਰੂ ਜੀ ਨੇ ਜਵਾਬ ਦਿੱਤਾ ਕਿ ਅਤਿਆਚਾਰ ਦੇ ਭਾਂਬੜ ਬਹੁਤ ਉੱਚੇ ਚਲੇ ਗਏ ਹਨ। ਜਿਸ ਵਿੱਚ ਇਹ ਨਿਤਾਣੇ ਬਾਲਣ ਦੀ ਥਾਂ ਝੋਕੇ ਜਾ ਰਹੇ ਹਨ।

ਹੁਣ ਕਿਸੇ ਮਹਾਂਪੁਰਖ ਦੇ ਬਲੀਦਾਨ ਦੀ ਲੋੜ ਹੈ ਜੋ ਆਪਣੇ ਪਵਿੱਤਰ ਖ਼ੂਨ ਦੇ ਛਿੱਟੇ ਮਾਰ ਕੇ ਬਲਦੇ ਹੋਏ ਭਾਂਬੜਾਂ ਨੂੰ ਸ਼ਾਂਤ ਕਰ ਸਕੇ। ਬਾਲ ਗੋਬਿੰਦ ਰਾਇ ਜੀ ਨੇ ਕਿਹਾ ਕਿ ਆਪ ਜੀ ਤੋਂ ਬਿਨਾਂ ਹੋਰ ਮਹਾਂਪੁਰਖ ਕੌਣ ਹੋ ਸਕਦਾ ਹੈ? ਆਪ ਆਪਣਾ ਬਲੀਦਾਨ ਦੇ ਕੇ ਇਨ੍ਹਾਂ ਦੇ ਡੁੱਬਦੇ ਹੋਏ ਧਰਮ ਦੀ ਰੱਖਿਆ ਕਰੋ।

ਆਪਣੇ ਬਾਲ ਦੇ ਨਿੱਕੇ ਜਿਹੇ ਮੂੰਹੋਂ ਏਨੀ ਵੱਡੀ ਗੱਲ ਸੁਣ ਕੇ ਗੁਰੂ ਜੀ ਨੂੰ ਵਿਸ਼ਵਾਸ ਹੋ ਗਿਆ ਕਿ ਇਹ ਬਾਲਕ ਆਉਣ ਵਾਲੀ ਹਰ ਔਖੀ ਤੋਂ ਔਖੀ ਘੜੀ ਦਾ ਸਾਹਮਣਾ ਕਰਨ ਲਈ ਹਰ ਪੱਖੋਂ ਸਮਰੱਥ ਹੈ। ਆਪ ਜੀ ਨੇ ਹਿੰਦੂ ਧਰਮ ਦੀ ਰੱਖਿਆ ਲਈ ਕੁਰਬਾਨੀ ਦੇਣ ਦਾ ਫ਼ੈਸਲਾ ਕਰ ਲਿਆ।

ਗੁਰੂ ਜੀ ਨੇ ਕਸ਼ਮੀਰੀ ਪੰਡਤਾਂ ਨੂੰ ਕਿਹਾ ਕਿ ਤੁਸੀਂ ਨਿਸ਼ਚਿੰਤ ਹੋ ਕੇ ਜਾਓ ਤੇ ਔਰੰਗਜ਼ੇਬ ਨੂੰ ਕਹਿ ਦਿਓ ਕਿ ਜਾਹ! ਪਹਿਲਾਂ ਸਾਡੇ ਗੁਰੂ ਤੇਗ ਬਹਾਦਰ ਸਾਹਿਬ ਨੂੰ ਮੁਸਲਮਾਨ ਬਣਾ ਲੈ। ਜੇ ਉਨ੍ਹਾਂ ਨੇ ਇਸਲਾਮ ਧਰਮ ਕਬੂਲ ਕਰ ਲਿਆ ਤਾਂ ਅਸੀਂ ਖ਼ੁਸ਼ੀ-ਖੁਸ਼ੀ ਮੁਸਲਮਾਨ ਬਣ ਜਾਵਾਂਗੇ।


ਸ਼ਹੀਦੀ


ਆਪ ਜੀ ਨੇ ਗੁਰੂ ਬਾਲ ਗੋਬਿੰਦ ਰਾਇ ਜੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਗੁਰਗੱਦੀ ਦੇ ਦਸਵੇਂ ਵਾਰਿਸ ਥਾਪ ਕੇ ਆਪ ਕਸ਼ਮੀਰੀ ਪੰਡਿਤਾਂ ਦੀ ਰੱਖਿਆ ਲਈ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਜੈਤਾ ਜੀ ਅਤੇ ਭਾਈ ਦਿਆਲਾ ਜੀ ਆਦਿ ਸਿੱਖਾਂ ਨਾਲ ਦਿੱਲੀ ਵੱਲ ਕੁਰਬਾਨੀ ਦੇਣ ਚੱਲ ਪਏ।

ਜਦੋਂ ਗੁਰੂ ਜੀ ਨੂੰ ਇਸਲਾਮ ਦੇ ਨਸ਼ੇ ਵਿੱਚ ਧੁੱਤ ਔਰੰਗਜ਼ੇਬ ਦੇ ਸਾਹਮਣੇ ਲਿਆਂਦਾ ਗਿਆ ਤਾਂ ਉਸ ਨੇ ਇਸਲਾਮ ਦੀ ਮਹਿਮਾ ਗਾਉਂਦਿਆਂ ਆਪ ਜੀ ਨੂੰ ਇਸਲਾਮ ਕਬੂਲਣ ਲਈ ਪ੍ਰੇਰਿਆ। ਪਰ ਗੁਰੂ ਜੀ ਨੇ ਉਸ ਦੀ ਉਮੀਦ ਦੇ ਉਲਟ ਉੱਤਰ ਦਿੱਤਾ ਕਿ

‘ਧਰਮ ਜ਼ਬਰਦਸਤੀ ਤਲਵਾਰਾਂ ਦੀ ਨੋਕ ਉੱਤੇ ਨਹੀਂ ਬਦਲਾਇਆ ਜਾ ਸਕਦਾ। ਹਿੰਦੂਆਂ ਨੂੰ ਜ਼ਬਰਦਸਤੀ ਮੁਸਲਮਾਨ ਬਣਾ ਕੇ ਨਾ ਤਾਂ ਤੁਸੀਂ ਸੱਚੇ ਮੁਸਲਮਾਨ ਹੋਣ ਦਾ ਸੰਕੇਤ ਦੇ ਰਹੇ ਹੋ, ਨਾ ਹੀ ਰੱਬ ਦੀ ਰਜ਼ਾ ਵਿੱਚ ਚੱਲ ਰਹੇ ਹੋ ਅਤੇ ਨਾ ਹੀ ਆਪਣੀ ਪਰਜਾ ਪ੍ਰਤੀ ਆਪਣੇ ਕਰਤੱਵ ਦਾ ਪਾਲਣ ਕਰ ਰਹੇ ਹੋ।
ਬਾਦਸ਼ਾਹ ਹੋਣ ਦੇ ਨਾਤੇ ਤੁਹਾਡਾ ਫ਼ਰਜ਼ ਹੈ ਕਿ ਤੁਸੀਂ ਹਿੰਦੂਆਂ ਅਤੇ ਮੁਸਲਮਾਨਾਂ ਨੂੰ ਬਰਾਬਰ ਸਮਝੋ। ਪਰ ਇਸ ਦੇ ਉਲਟ ਤੁਸੀਂ ਤਾਂ ਹਿੰਦੂਆਂ ਨੂੰ ਆਪਣੇ ਅੰਨ੍ਹੇ ਜ਼ੁਲਮ ਦਾ ਸ਼ਿਕਾਰ ਬਣਾਇਆ ਹੈ।
ਔਰੰਗਜ਼ੇਬ! ਤੇਰੇ ਇਸ ਜ਼ੁਲਮ ਨੂੰ ਠੱਲ੍ਹ ਪਾਉਣ ਲਈ ਅਤੇ ਮਾਸੂਮ ਹਿੰਦੂਆਂ ਦੀ ਰੱਖਿਆ ਲਈ ਅਸੀਂ ਮੈਦਾਨ ਵਿੱਚ ਆ ਨਿੱਤਰੇ ਹਾਂ। ਤੂੰ ਤਾਂ ਬਾਦਸ਼ਾਹ ਹੋਣ ਦੇ ਨਾਤੇ ਆਪਣੀ ਪਰਜਾ ਤੋਂ ਮੂੰਹ ਮੋੜੀ ਬੈਠਾ ਹੈਂ ਪਰ ਅਸੀਂ ਇਨ੍ਹਾਂ ਮਜ਼ਲੂਮਾਂ ਦੀ ਬਾਂਹ ਪਕੜ ਲਈ ਹੈ।’

ਇਸ ਪ੍ਰਕਾਰ ਗੁਰੂ ਜੀ ਨੂੰ ਚੜ੍ਹਦੀ ਕਲਾ ਵਿੱਚ ਅਤੇ ਉਨ੍ਹਾਂ ਦੁਆਰਾ ਇਸਲਾਮ ਨਾ ਕਬੂਲਣ ਦੇ ਅਟੱਲ ਨਿਸ਼ਚੈ ਨੂੰ ਵੇਖ ਕੇ ਔਰੰਗਜ਼ੇਬ ਗੁੱਸੇ ਵਿੱਚ ਕੰਬ ਉੱਠਿਆ। ਕੁਰਬਾਨੀ ਲਈ ਤਿਆਰ ਗੁਰੂ ਜੀ ਨੂੰ ਦੇਖ ਕੇ ਉਸ ਦੇ ਮਨਸੂਬਿਆਂ ਦੀਆਂ ਨੀਹਾਂ ਹਿੱਲ ਗਈਆਂ। ਆਪਣੀ ਇਸ ਹਾਰ ਨੂੰ ਵੇਖ ਕੇ ਉਸ ਨੇ ਅੰਤ ਸਿਪਾਹੀਆਂ ਨੂੰ ਹੁਕਮ ਦਿੱਤਾ ਕਿ ਗੁਰੂ ਜੀ ਨੂੰ ਲੋਹੇ ਦੇ ਪਿੰਜਰੇ ਵਿੱਚ ਬੰਦ ਕਰ ਦਿੱਤਾ ਜਾਵੇ ਅਤੇ ਇਨ੍ਹਾਂ ਦੇ ਮੁਰੀਦਾਂ ਨੂੰ ਤਸੀਹੇ ਦੇ-ਦੇ ਕੇ ਮਾਰ ਦਿੱਤਾ ਜਾਵੇ।

ਔਰੰਗਜ਼ੇਬ ਦੇ ਹੁਕਮ ਅਨੁਸਾਰ ਪਹਿਲਾਂ ਭਾਈ ਮਤੀ ਦਾਸ ਜੀ ਨੂੰ ਆਰੇ ਨਾਲ ਚੀਰਿਆ ਗਿਆ। ਭਾਈ ਦਿਆਲਾ ਜੀ ਨੂੰ ਉਬਲਦੀ ਦੇਗ ਵਿੱਚ ਸੁੱਟ ਦਿੱਤਾ ਗਿਆ। ਇਸ ਪ੍ਰਕਾਰ ਇੱਕ-ਇੱਕ ਕਰਕੇ ਗੁਰੂ ਜੀ ਦੇ ਮੁਰੀਦਾਂ ਨੂੰ ਅਣਮਨੁੱਖੀ ਤਸੀਹੇ ਦੇ ਕੇ ਹੋਣੀ ਦੀ ਭੱਠੀ ਵਿੱਚ ਝੋਕ ਦਿੱਤਾ ਗਿਆ ਜਿਸ ਨੂੰ ਵੇਖ ਕੇ ਗੁਰੂ ਜੀ ਡੋਲੇ ਨਹੀਂ ਸਗੋਂ ਉਨ੍ਹਾਂ ਦਾ ਸਿਦਕ ਹੋਰ ਵੀ ਅਡੋਲ ਹੋ ਗਿਆ।

ਅੰਤ ਮਿਤੀ 11 ਨਵੰਬਰ, 1675 ਈ: ਨੂੰ ਚਾਂਦਨੀ ਚੌਕ ਵਿਖੇ ਕਾਜ਼ੀ ਨੇ ਫ਼ਤਵਾ ਪੜ੍ਹਿਆ। ਜੱਲਾਦ ਜਲਾਲਦੀਨ ਨੇ ਤਲਵਾਰ ਨਾਲ ਵਾਰ ਕੀਤਾ ਅਤੇ ਗੁਰੂ ਸਾਹਿਬ ਦਾ ਸੀਸ ਧੜ ਨਾਲੋਂ ਅਲੱਗ ਹੋ ਗਿਆ। ਪਰ ਆਪਣੇ ਮੂੰਹੋਂ ਸੀਅ ਨਾ ਉਚਾਰੀ। ਆਪ ਜੀ ਦੀ ਅਦੁੱਤੀ ਸ਼ਹਾਦਤ ਬਾਰੇ ਸ੍ਰੀ ਗੁਰੂ ਗੋਬਿੰਦ ਸਿੰਘ ਨੇ ‘ਬਚਿਤਰ ਨਾਟਕ’ ਵਿੱਚ ਲਿਖਿਆ ਹੈ:
ਤਿਲਕ ਜੰਞੂ ਰਾਖਾ ਪ੍ਰਭ ਤਾਕਾ॥ ਕੀਨੋ ਬਡੋ ਕਲੂ ਮਹਿ ਸਾਕਾ॥
ਸਾਧਨ ਹੇਤਿ ਇਤੀ ਜਿਨਿ ਕਰੀ॥ ਸੀਸੁ ਦੀਯਾ ਪਰੁ ਸੀ ਨ ਉਚਰੀ॥
ਧਰਮ ਹੇਤ ਸਾਕਾ ਜਿਨਿ ਕੀਆ॥ ਸੀਸੁ ਦੀਆ ਪਰੁ ਸਿਰਰੁ ਨ ਦੀਆ॥

ਆਪ ਜੀ ਦੀ ਲਾਸਾਨੀ ਸ਼ਹਾਦਤ ਨਾਲ ਦਿੱਲੀ ਦਾ ਦਿਲ ਕੰਬ ਉੱਠਿਆ ਅਤੇ ਲੋਕਾਂ ਦੀਆਂ ਚੀਕਾਂ ਨਾਲ ਅਸਮਾਨ ਚੀਰਿਆ ਗਿਆ। ਜੱਲਾਦ ਦਾ ਦਿਲ ਦਹਿਲ ਗਿਆ ਅਤੇ ਉਹ ਤਲਵਾਰ ਸੁੱਟ ਕੇ ਜਾਮਾ ਮਸਜਿਦ ਵੱਲ ਭੱਜ ਗਿਆ। ਸ਼ਾਹੀ ਆਦੇਸ਼ ਸੀ ਕਿ ਗੁਰੂ ਜੀ ਦੇ ਸਰੀਰ ਦੇ ਟੁਕੜੇ-ਟੁਕੜੇ ਕਰ ਕੇ ਦਿੱਲੀ ਸ਼ਹਿਰ ਦੇ ਦਰਵਾਜ਼ਿਆਂ ਉੱਤੇ ਲਟਕਾਏ ਜਾਣ ਪਰ ਸ਼ਹੀਦੀ ਤੋਂ ਤੁਰੰਤ ਬਾਅਦ ਅਜਿਹੀ ਹਨੇਰੀ ਝੁੱਲੀ ਕਿ ਸਭ ਆਪੋ ਆਪਣੇ ਬਚਾਅ ਲਈ ਭੱਜ ਉੱਠੇ।

ਭਾਈ ਜੈਤਾ ਜੀ ਸਿਪਾਹੀਆਂ ਤੋਂ ਅੱਖ ਬਚਾ ਕੇ ਗੁਰੂ ਜੀ ਦਾ ਸੀਸ ਲੈ ਕੇ ਆਨੰਦਪੁਰ ਸਾਹਿਬ ਪਹੁੰਚ ਗਏ। ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸੀਸ ਸਤਿਕਾਰ ਪੂਰਵਕ ਪ੍ਰਾਪਤ ਕਰਦਿਆਂ ਭਾਈ ਜੈਤਾ ਜੀ ਨੂੰ ‘ਰੰਘਰੇਟਾ ਗੁਰੂ ਕਾ ਬੇਟਾ’ ਵਰ ਦਿੱਤਾ। ਗੁਰੂ ਜੀ ਦਾ ਧੜ ਭਾਈ ਲੱਖੀ ਸ਼ਾਹ ਆਪਣੇ ਘਰ ਲੈ ਗਿਆ। ਉਸ ਨੇ ਆਪਣੇ ਘਰ ਨੂੰ ਅਗਨ-ਭੇਂਟ ਕਰ ਕੇ ਗੁਰੂ ਜੀ ਦਾ ਦਾਹ-ਸੰਸਕਾਰ ਕੀਤਾ ਅਤੇ ਆਪ ਜੀ ਦੀਆਂ ਅਸਥੀਆਂ ਨੂੰ ਗਾਗਰ ਵਿੱਚ ਪਾ ਕੇ ਉਥੇ ਹੀ ਦੱਬ ਦਿੱਤਾ।

ਵਿਸ਼ਵ-ਇਤਿਹਾਸ ਵਿੱਚ ਗੁਰੂ ਜੀ ਦੀ ਕੁਰਬਾਨੀ ਵਿਲੱਖਣ ਹੈ ਅਤੇ ਵਿਸ਼ੇਸ਼ ਅਰਥਾਂ ਦੀ ਧਾਰਨੀ ਹੈ। ਵਿਲੱਖਣਤਾ ਇਸ ਗੱਲ ਵਿੱਚ ਹੈ ਕਿ ਇਹ ਕੁਰਬਾਨੀ ਆਪਣੇ ਲਈ ਨਹੀਂ, ਆਪਣੇ ਭਾਈਚਾਰੇ ਲਈ ਨਹੀਂ ਬਲਕਿ ਮਾਨਵਤਾ ਨੂੰ ਬਚਾਉਣ ਖ਼ਾਤਰ ਦਿੱਤੀ ਗਈ।

ਇਸ ਤਰ੍ਹਾਂ ਇਸ ਗੌਰਵਮਈ ਸ਼ਹਾਦਤ ਨੇ ਸਿਰਫ਼ ਸਿੱਖ ਇਤਿਹਾਸ ਨੂੰ ਹੀ ਨਵਾਂ ਮੋੜ ਨਹੀਂ ਦਿੱਤਾ ਸਗੋਂ ਪੂਰੇ ਵਿਸ਼ਵ ਨੂੰ ਹੱਕ, ਸੱਚ, ਇਨਸਾਫ਼ ਅਤੇ ਧਰਮ ਲਈ ਮਰ-ਮਿਟਣ ਦਾ ਜਜ਼ਬਾ ਪ੍ਰਦਾਨ ਕੀਤਾ।

ਗੁਰੂ ਜੀ ਦੀ ਸ਼ਹਾਦਤ ਨੇ ਉਸ ਸਮੇਂ ਦੇ ਮਜ਼ਲੂਮਾਂ, ਨਿਤਾਣਿਆਂ, ਨਿਓਟਿਆਂ ਅਤੇ ਨਿਮਾਣਿਆਂ ਦੇ ਹਿਰਦੇ ਵਿੱਚ ਇੱਕ ਨਵੀਂ ਰੂਹ ਫੂਕੀ। ਆਪ ਜੀ ਦੀ ਕੁਰਬਾਨੀ ਨਾ ਸਿਰਫ਼ ਸਮਕਾਲੀਨ ਸਮਾਜ ਲਈ ਬਲਕਿ ਆਉਣ ਵਾਲੀਆਂ ਪੀੜ੍ਹੀਆਂ ਲਈ ਵੀ ਪ੍ਰੇਰਨਾ-ਸਰੋਤ ਬਣੀ।


ਰਚਨਾਵਾਂ


ਗੁਰੂ ਤੇਗ਼ ਬਹਾਦਰ ਜੀ ਦੀ ਸਾਰੀ ਬਾਣੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ਼ ਹੈ। ਉਨ੍ਹਾਂ ਦੀ ਬਾਣੀ ਗੁਰੂ ਗ੍ਰੰਥ ਸਾਹਿਬ ਵਿਚ ਗੁਰੂ ਗੋਬਿੰਦ ਸਿੰਘ ਦੁਆਰਾ ਸੰਨ 1706 ਵਿਚ ਦਮਦਮਾ ਸਾਹਿਬ(ਸਾਬੋ ਕੀ ਤਲਵੰਡੀ) ਵਿਖੇ ਚੜ੍ਹਾਈ ਗਈ। ਉਨ੍ਹਾਂ ਦੇ ਗੁਰੂ ਗ੍ਰੰਥ ਸਾਹਿਬ ਵਿਚ ਕੁੱਲ 59 ਪਦੇ(15 ਰਾਗਾਂ ਵਿਚ) ਅਤੇ 57 ਸਲੋਕ ਦਰਜ ਹਨ।
ਰਾਗਾਂ ਅਨੁਸਾਰ ਗੁਰੂ ਤੇਗ਼ ਬਹਾਦਰ ਰਚਿਤ ਪਦਿਆਂ ਦਾ ਵੇਰਵਾ-

  • ਗਉੜੀ = 9
  • ਆਸਾ = 1
  • ਦੇਵਗੰਧਾਰੀ = 3
  • ਬਿਹਾਗੜਾ = 1
  • ਸੋਰਠਿ = 12
  • ਧਨਾਸਰੀ = 4
  • ਜੈਤਸਰੀ = 3
  • ਟੋਡੀ = 1
  • ਤਿਲੰਗ = 3
  • ਬਿਲਾਵਲ = 3
  • ਰਾਮਕਲੀ = 3
  • ਮਾਰੂ = 3
  • ਬਸੰਤੁ = 5
  • ਸਾਰੰਗ = 4
  • ਜੈਜਾਵੰਤੀ = 4

Disclaimer Privacy Policy Contact us About us